ਕਿਹਾ- ਨਸ਼ਿਆਂ ਵਿਰੁੱਧ ਲੜਾਈ ਨੂੰ ਲੋਕ ਲਹਿਰ ਬਣਾਇਆ
ਬਟਾਲਾ:- ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਨਿਰਣਾਇਕ ਪੜਾਅ ਵਿੱਚ ਦਾਖ਼ਲ ਹੋਣ ਦੇ ਨਾਲ ਹੀ ਸੂਬਾ ਸਰਕਾਰ ਨਸ਼ਿਆਂ ਵਿਰੁੱਧ ਲੜਾਈ ਵਿੱਚ ਲੋਕਾਂ ਦੀ ਸ਼ਮੂਲੀਅਤ ਨੂੰ ਮਜ਼ਬੂਤ ਕਰਨ ਲਈ ਮਾਨਸਿਕ ਸਿਹਤ, ਸਮੇਂ ਸਿਰ ਦਖ਼ਲਅੰਦਾਜ਼ੀ ਅਤੇ ਭਾਈਚਾਰਕ ਸਹਿਯੋਗ ਦੀ ਮਹੱਤਤਾ ਨੂੰ ਉਜਾਗਰ ਕਰ ਰਹੀ ਹੈ, ਇਸ ਦਿਸ਼ਾ ਵਿੱਚ ਸੂਬੇ ਭਰ ਦੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਸੰਵਾਦ ਪ੍ਰੋਗਰਾਮਾਂ ਰਾਹੀਂ ਨਸ਼ਿਆਂ ਦੀ ਰੋਕਥਾਮ ਸਬੰਧੀ ਜਾਗਰੂਕਤਾ ਵਧਾਈ ਜਾ ਰਹੀ ਹੈ।
ਇਸ ਸਬੰਧੀ ਗੱਲ ਕਰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਸਿਰਫ਼ ਸਰੀਰਕ ਸਿਹਤ ਨਾਲ ਜੁੜੀ ਸਮੱਸਿਆ ਵਜੋਂ ਨਹੀਂ ਦੇਖਿਆ ਜਾਣਾ ਚਾਹੀਦਾ। ਇਸ ਦੇ ਮਾਨਸਿਕ, ਭਾਵਨਾਤਮਕ ਅਤੇ ਸਮਾਜਿਕ ਪੱਖ ਵੀ ਹਨ। ਤਣਾਅ, ਇਕੱਲਾਪਣ, ਸਾਥੀਆਂ ਦਾ ਨਕਾਰਾਤਮਕ ਪ੍ਰਭਾਵ ਅਤੇ ਨਿੱਜੀ ਜੀਵਨ ਦੀਆਂ ਮੁਸ਼ਕਲਾਂ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਸੰਵੇਦਨਸ਼ੀਲ ਬਣਾ ਸਕਦੀਆਂ ਹਨ।
ਉਨ੍ਹਾਂ ਕਿਹਾ ਕਿ ਇਸ ਲਈ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਮੇਂ ਸਿਰ ਦਖ਼ਲਅੰਦਾਜ਼ੀ, ਪਰਿਵਾਰਕ ਸਹਿਯੋਗ, ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਅਤੇ ਲੋੜ ਪੈਣ ’ਤੇ ਸਮੇਂ ਸਿਰ ਪੇਸ਼ੇਵਰ ਸਹਾਇਤਾ ਲੈਣ ਦੀ ਮਹੱਤਤਾ ਨੂੰ ਉਜਾਗਰ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਿਰਣਾਇਕ ਪੜਾਅ ਦੀ ਸ਼ੁਰੂਆਤ ਕੀਤੀ ਗਈ ਹੈ, ਉਨ੍ਹਾਂ ਵਲੋਂ ਪੰਜਾਬ ਅਗੇਂਸਟ ਡਰੱਗਜ਼ ਬਾਈਕਰਜ਼ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ ਹੈ। ਇਹ ਰੈਲੀ ਪੂਰੇ ਪੰਜਾਬ ਵਿੱਚੋਂ ਲੰਘੇਗੀ ਅਤੇ ਇਸ ਦਾ ਉਦੇਸ਼ ਨਸ਼ਿਆਂ ਵਿਰੁੱਧ ਲੜਾਈ ਨੂੰ ਲੋਕ ਲਹਿਰ ਬਣਾਉਣਾ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਸਾਰੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਸ ਲੜਾਈ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਹਰੇਕ ਵਿਅਕਤੀ ਦੀ ਸ਼ਮੂਲੀਅਤ ਜ਼ਰੂਰੀ ਹੈ ਤਾਂ ਜੋ ਨਸ਼ਿਆਂ ਨੂੰ ਜੜੋਂ ਖਤਮ ਕੀਤਾ ਜਾ ਸਕੇ।