ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਅਦਿੱਤਿਆ ਉੱਪਲ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ ਅੰਦਰ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਲਈ ਜਾਗਰੂਕਤਾ ਮੁਹਿੰਮ ਵਿੱਢੀ ਗਈ ਹੈ ਅਤੇ ਪਿੰਡ ਪੱਧਰ ਤੱਕ ਜਾਗਰੂਕਤਾ ਅਭਿਆਨ ਚੱਲ ਰਿਹਾ ਹੈ।
ਸਿਮਰਨਜੀਤ ਸਿੰਘ ਏਡੀਓ ਬਟਾਲਾ ਨੇ ਜਾਗਰੂਕਤਾ ਕੈਂਪ ਦੌਰਾਨ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਹਨਾਂ ਨੇ ਕਿਹਾ ਕਿ ਪਰਾਲੀ ਦੀ ਸਾਂਭਣ ਲਈ ਹੁਣ ਸਾਡੇ ਕੋਲ ਮਸ਼ੀਨਰੀ ਉਪਲਬਧ ਹੈ ਸੋ ਕਿਸਾਨ ਵੀਰ ਪਰਾਲੀ ਨੂੰ ਬਿਲਕੁਲ ਵੀ ਅੱਗ ਨਾ ਲਗਾਉਣ ਸਗੋਂ ਇਸ ਨੂੰ ਖੇਤਾਂ ਵਿੱਚ ਹੀ ਵਾਹ ਕੇ ਕਣਕ ਦੀ ਬਿਜਾਈ ਕਰਨ।
ਉਹਨਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬਹੁਤ ਸਾਰੇ ਅਗਾਂਹਵਧੂ ਕਿਸਾਨ ਪਰਾਲੀ ਦੀ ਸੁਚੱਜੀ ਸੰਭਾਲ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਪਤਾ ਹੀ ਹੈ ਕਿ ਪਰਾਲੀ ਦੇ ਧੂੰਏ ਨਾਲ ਪੈਦਾ ਹੋਣ ਵਾਲੀਆਂ ਜ਼ਹਿਰੀਲੀ ਗੈਸਾਂ ਸਾਡੀ ਜ਼ਿੰਦਗੀ ‘ਤੇ ਕਿੰਨਾ ਅਸਰ ਪਾਉਂਦੀਆਂ ਹਨ। ਸੋ ਜੇਕਰ ਅਸੀਂ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਕਣਕ ਦੀ ਬਜਾਈ ਕਰਦੇ ਹਾਂ ਤਾਂ ਉਸ ਨਾਲ ਸਾਡੇ ਖੇਤ ਦੀ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ ਅਤੇ ਸਾਡਾ ਵਾਤਾਵਰਨ ਵੀ ਪ੍ਰਦੂਸ਼ਿਤ ਨਹੀਂ ਹੁੰਦਾ।
ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਕਿਸਾਨ ਵੀਰ ਪਰਾਲੀ ਨੂੰ ਅੱਗ ਬਿਲਕੁਲ ਵੀ ਨਾ ਲਗਾਉਣ ।