‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਾਰਡ ਨੰਬਰ 44 ਵਿਖੇ ਜਾਗਰੂਕਤਾ ਮੀਟਿੰਗ
ਬਟਾਲਾ:- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਵਾਰਡ ਨੰਬਰ 44 ਵਿਖੇ ਜਾਗਰੂਕਤਾ ਮੀਟਿੰਗ ਕੀਤੀ ਗਈ। ਇਸ ਮੌਕੇ ਨਸ਼ਾ ਮੁਕਤੀ ਮੋਰਚਾ ਬਟਾਲਾ ਹਲਕਾ ਕੁਆਰਡੀਨੇਟਰ ਮਨਜੀਤ ਸਿੰਘ ਬੁਮਰਾਹ, ਸੀਨੀਅਰ ਆਗੂ ਪਰਦੀਪ ਕੁਮਾਰ, ਸੰਧੂ ਭੱਟੀ ਅਤੇ ਵਾਰਡ ਵਾਸੀ ਮੌਜੂਦ ਸਨ।
ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਾਗਰੂਕਤਾ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਇਸ ਸਮਾਜਿਕ ਬੁਰਾਈ ਦੇ ਖਾਤਮੇ ਲਈ ਸਾਂਝੇ ਯਤਨ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
ਉਨ੍ਹਾਂ ਨੇ ਕਿਹਾ ਕਿ ਨਸ਼ਾ ਇੱਕ ਗੰਭੀਰ ਸਮਾਜਿਕ ਸਮੱਸਿਆ ਹੈ, ਜਿਸ ਦਾ ਮੁਕਾਬਲਾ ਕਰਨ ਲਈ ਪ੍ਰਸ਼ਾਸਨ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦੀ ਸਰਗਰਮ ਭਾਗੀਦਾਰੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਕੇ ਅਤੇ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੋੜ ਕੇ ਇਸ ਬੁਰਾਈ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਪਾਇਆ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਖੇਡਾਂ, ਸਿੱਖਿਆ ਅਤੇ ਰਚਨਾਤਮਕ ਗਤੀਵਿਧੀਆਂ ਵੱਲ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਪਰਿਵਾਰਾਂ, ਸਮਾਜਿਕ ਸੰਗਠਨਾਂ ਅਤੇ ਸਥਾਨਕ ਵਸਨੀਕਾਂ ਨੂੰ ਵੀ ਇਸ ਦਿਸ਼ਾ ਵਿੱਚ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ, ਤਾਂ ਜੋ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਜਾਲ ਵਿੱਚ ਫਸਣ ਤੋਂ ਬਚਾਇਆ ਜਾ ਸਕੇ।
ਮੀਟਿੰਗ ਦੌਰਾਨ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ, ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਅਤੇ ਸਮਾਜ ਵਿੱਚ ਉਸਾਰੂ ਮਾਹੌਲ ਸਿਰਜਣ ’ਤੇ ਜ਼ੋਰ ਦਿੱਤਾ ਗਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਵਿੱਚ ਸਰਗਰਮ ਸਹਿਯੋਗ ਦੇਣ ਅਤੇ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਉਣ।
ਇਸ ਮੌਕੇ ਨਗਰ ਨਿਗਮ ਬਟਾਲਾ ਦੇ ਇੰਸਪੈਕਟਰ ਪਲਵਿੰਦਰ ਸਿੰਘ ਨੇ ਕਿਹਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਸ਼ਿਆਂ ਖਿਲਾਫ਼ ਮੁਹਿੰਮ ਵਿੱਢੀ ਗਈ ਹੈ। ਉਨ੍ਹਾਂ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਿਵਲ, ਪੁਲਿਸ ਅਤੇ ਆਮ ਲੋਕਾਂ ਵਿਚਕਾਰ ਬਿਹਤਰ ਤਾਲਮੇਲ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ ਨਾਲ ਸਬੰਧਤ ਕੋਈ ਵੀ ਜਾਣਕਾਰੀ ਪੁਲਿਸ ਨਾਲ ਸਾਂਝੀ ਕੀਤੀ ਜਾਵੇ, ਤਾਂ ਜੋ ਅਜਿਹੇ ਅਨਸਰਾਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਸਕੇ।