ਸਿਵਲ ਤੇ ਪੁਲਿਸ ਵਿਭਾਗ ਦੀ ਸਾਂਝੀ ਟੀਮ ਵਲੋਂ ਪਿੰਡ ਮਲਕਪੁਰ ਦਾ ਦੌਰਾ
ਫਤਿਹਗੜ੍ਹ ਚੂੜੀਆਂ:- ਐੱਸ.ਡੀ.ਐੱਮ ਫਤਿਹਗੜ੍ਹ ਚੂੜੀਆਂ ਸੁਖਜਿੰਦਰ ਸਿੰਘ ਟਿਵਾਣਾ ਦੀ ਅਗਵਾਈ ਹੇਠ ਪੁਲਿਸ ਤੇ ਖੇਤੀਬਾੜੀ ਵਿਭਾਗ ਦੀ ਸਾਂਝੀ ਟੀਮ ਵਲੋਂ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਪੈਲੀ ਵਿੱਚ ਵਾਹ ਕੇ ਅਗਲੀ ਫਸਲ ਦੀ ਬਿਜਾਈ ਕਰਨ ਜਾਂ ਗੱਠਾਂ ਬਣਾਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਐੱਸ.ਡੀ.ਐੱਮ ਫਤਿਹਗੜ੍ਹ ਚੂੜੀਆਂ ਸੁਖਜਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਾਗਰੂਕਤਾ ਮੁਹਿੰਮ ਚੱਲ ਰਹੀ ਹੈ , ਜਿਸ ਦੇ ਚੱਲਦਿਆਂ ਅੱਜ ਪਿੰਡ ਮਲਕਪੁਰ ਵਿਖੇ ਜਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ। ਕਿਸਾਨਾਂ ਨੂੰ ਪਰਾਲੀ ਦਾ ਸੁਚੱਜੇ ਢੰਗ ਨਾਲ ਪ੍ਰਬੰਧਨ ਕਰਨ ਦੀ ਅਪੀਲ ਕੀਤੀ ਗਈ।
ਇਸ ਮੌਕੇ ਕਿਸਾਨਾਂ ਨੂੰ ਦੱਸਿਆ ਗਿਆ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਿਗਿਆਨਕ ਤਰੀਕਿਆਂ ਨਾਲ ਖੇਤਾਂ ਵਿੱਚ ਹੀ ਇਸ ਦਾ ਪ੍ਰਬੰਧਨ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰਹਿੰਦੀ ਹੈ, ਮਿੱਟੀ ਵਿੱਚ ਜੈਵਿਕ ਪਦਾਰਥਾਂ ਦੀ ਮਾਤਰਾ ਵਧਦੀ ਹੈ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਮਿੱਟੀ ਵਿੱਚ ਪੌਸ਼ਟਿਕ ਤੱਤਾਂ ਦੀ ਉਪਲਬਧਤਾ ਵਧਣ ਨਾਲ ਰਸਾਇਣਕ ਖਾਦਾਂ ਦੀ ਲੋੜ ਘਟਾਉਣ ਅਤੇ ਫ਼ਸਲਾਂ ਦਾ ਝਾੜ ਵਧਾਉਣ ਵਿੱਚ ਵੀ ਮਦਦ ਮਿਲਦੀ ਹੈ।
ਉਨ੍ਹਾਂ ਨੇ ਕਿਸਾਨਾਂ ਅਤੇ ਪਿੰਡਾਂ ਦੇ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਸਬੰਧੀ ਮਾਣਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ) ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਸ ਲਈ ਕਿਸਾਨਾਂ, ਪੰਚਾਇਤਾਂ ਤੇ ਸਬੰਧਤ ਵਿਭਾਗਾਂ ਦਾ ਆਪਸੀ ਸਹਿਯੋਗ ਬਹੁਤ ਜ਼ਰੂਰੀ ਹੈ।