ਪਿੰਡ ਗੁਰੂਸਰ ਵਿਖੇ ਰਾਤ ਸਮੇਂ ਚਲਾਇਆ ਵਿਸ਼ੇਸ਼ CASO ਸਰਚ ਅਭਿਆਨ
ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ, ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਮਨਿਊ ਰਾਣਾ, ਆਈ.ਪੀ.ਐਸ. ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਸ਼ੇਸ਼ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ CASO (Cordon and Search Operation) ਤਹਿਤ ਵੱਖ-ਵੱਖ ਪਿੰਡਾਂ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਵਿਸ਼ੇਸ਼ ਸਰਚ ਅਭਿਆਨ ਚਲਾਏ ਜਾ ਰਹੇ ਹਨ।
ਇਸੇ ਲੜੀ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵੱਖ-ਵੱਖ ਪੁਲਿਸ ਟੀਮਾਂ ਦਾ ਗਠਨ ਕਰਕੇ ਸਵੇਰੇ ਅਤੇ ਸ਼ਾਮ ਸਮੇਂ ਭਾਰੀ ਪੁਲਿਸ ਫੋਰਸ ਨਾਲ ਪਿੰਡਾਂ ਵਿੱਚ ਵਿਸ਼ੇਸ਼ ਸਰਚ ਅਤੇ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਇੰਸਪੈਕਟਰ ਰਾਜਵੀਰ ਸਿੰਘ ਸਰਾਂ, ਮੁੱਖ ਅਫਸਰ ਥਾਣਾ ਕੋਟਭਾਈ ਵੱਲੋਂ ਪੁਲਿਸ ਪਾਰਟੀ ਸਮੇਤ ਪਿੰਡ ਗੁਰੂਸਰ ਵਿਖੇ ਰਾਤ ਸਮੇਂ ਵਿਸ਼ੇਸ਼ CASO ਸਰਚ ਅਭਿਆਨ ਚਲਾਇਆ ਗਿਆ।
ਨਸ਼ਿਆਂ ਨਾਲ ਜੁੜੇ ਵਿਅਕਤੀਆਂ ਅਤੇ ਸ਼ੱਕੀ ਟਿਕਾਣਿਆਂ ਦੀ ਵਿਸ਼ੇਸ਼ ਚੈਕਿੰਗ
ਇਸ ਦੌਰਾਨ ਪਿੰਡ ਗੁਰੂਸਰ ਦੇ ਕਮੇਟੀ ਮੈਂਬਰਾਂ ਅਤੇ ਵੀ.ਡੀ.ਸੀ. ਮੈਂਬਰਾਂ ਵੱਲੋਂ ਮਿਲੀ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਸ਼ੱਕੀ ਟਿਕਾਣਿਆਂ ਦੀ ਵਿਸ਼ੇਸ਼ ਤੌਰ ’ਤੇ ਚੈਕਿੰਗ ਕੀਤੀ ਗਈ। ਇਸ ਤੋਂ ਇਲਾਵਾ ਜਿਨ੍ਹਾਂ ਵਿਅਕਤੀਆਂ ਖ਼ਿਲਾਫ਼ ਪਹਿਲਾਂ ਨਸ਼ਿਆਂ ਨਾਲ ਸਬੰਧਤ ਮੁਕੱਦਮੇ ਦਰਜ ਹਨ ਜਾਂ ਜੋ ਨਸ਼ਾ ਵੇਚਣ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਰਹੇ ਹਨ, ਉਨ੍ਹਾਂ ਦੇ ਟਿਕਾਣਿਆਂ ਦੀ ਵੀ ਜਾਂਚ ਕੀਤੀ ਗਈ।
ਪੁਲਿਸ ਵੱਲੋਂ ਪਿੰਡ ਦੀਆਂ ਗਲੀਆਂ ਅਤੇ ਵੱਖ-ਵੱਖ ਮਹੱਤਵਪੂਰਨ ਥਾਵਾਂ ’ਤੇ ਚੈਕਿੰਗ ਕਰਨ ਦੇ ਨਾਲ-ਨਾਲ ਮੁੱਖ ਸੜਕਾਂ ਅਤੇ ਲਿੰਕ ਰੋਡਾਂ ’ਤੇ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਆਉਣ-ਜਾਣ ਵਾਲੇ ਵਾਹਨਾਂ ਅਤੇ ਵਿਅਕਤੀਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਅਤੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ ਗਈ।
ਪੁਲਿਸ ਵੱਲੋਂ ਅਜਿਹੇ ਵਿਅਕਤੀਆਂ ਅਤੇ ਥਾਵਾਂ ਨੂੰ ਖ਼ਾਸ ਤੌਰ ’ਤੇ ਚੈਕ ਕੀਤਾ ਜਾ ਰਿਹਾ ਹੈ, ਜਿਨ੍ਹਾਂ ਖ਼ਿਲਾਫ਼ ਪਹਿਲਾਂ ਨਸ਼ਿਆਂ ਨਾਲ ਸਬੰਧਤ ਮੁਕੱਦਮੇ ਦਰਜ ਹਨ ਜਾਂ ਜੋ ਨਸ਼ਾ ਤਸਕਰੀ ਵਿੱਚ ਸ਼ਾਮਲ ਰਹੇ ਹਨ। ਇਸ ਕਾਰਵਾਈ ਦਾ ਮੁੱਖ ਉਦੇਸ਼ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ’ਤੇ ਪ੍ਰਭਾਵਸ਼ਾਲੀ ਕੰਟਰੋਲ ਕਾਇਮ ਕਰਨਾ ਅਤੇ ਆਮ ਲੋਕਾਂ ਨੂੰ ਸੁਰੱਖਿਅਤ ਤੇ ਨਸ਼ਾ-ਮੁਕਤ ਮਾਹੌਲ ਪ੍ਰਦਾਨ ਕਰਨਾ ਹੈ।
ਨਸ਼ਾ ਛੱਡਣ ਦੇ ਇੱਛੁਕ ਵਿਅਕਤੀਆਂ ਲਈ ਮੁਫ਼ਤ ਇਲਾਜ ਦੀ ਸਹੂਲਤ
ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਕੋਈ ਵਿਅਕਤੀ ਨਸ਼ੇ ਦਾ ਸੇਵਨ ਕਰਦਾ ਹੈ ਅਤੇ ਨਸ਼ਾ ਛੱਡ ਕੇ ਆਪਣੀ ਜ਼ਿੰਦਗੀ ਨੂੰ ਮੁੜ ਬਿਹਤਰ ਬਣਾਉਣਾ ਚਾਹੁੰਦਾ ਹੈ ਤਾਂ ਉਹ ਬਿਨਾਂ ਕਿਸੇ ਝਿਜਕ ਦੇ ਪੁਲਿਸ ਨਾਲ ਸੰਪਰਕ ਕਰ ਸਕਦਾ ਹੈ। ਅਜਿਹੇ ਵਿਅਕਤੀਆਂ ਨੂੰ ਪੁਲਿਸ ਵੱਲੋਂ ਲੋੜ ਅਨੁਸਾਰ ਸਰਕਾਰੀ ਹਸਪਤਾਲ/ਡੀ-ਐਡੀਕਸ਼ਨ ਸੈਂਟਰ ਵਿਖੇ ਇਲਾਜ ਲਈ ਭੇਜਿਆ ਜਾਵੇਗਾ ਅਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਮੁਫ਼ਤ ਨਸ਼ਾ ਛੁਡਾਊ ਇਲਾਜ ਸਹੂਲਤਾਂ ਦਾ ਲਾਭ ਦਿਵਾਇਆ ਜਾਵੇਗਾ।
ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਨਸ਼ੇ ਦੇ ਆਦੀ ਵਿਅਕਤੀ ਨੂੰ ਅਪਰਾਧੀ ਸਮਝਣ ਦੀ ਬਜਾਏ ਉਸਨੂੰ ਇਲਾਜ ਅਤੇ ਪੁਨਰਵਾਸ ਵੱਲ ਲਿਆਂਦਾ ਜਾਵੇ। ਜਿਹੜਾ ਵੀ ਵਿਅਕਤੀ ਨਸ਼ਾ ਛੱਡਣਾ ਚਾਹੁੰਦਾ ਹੈ, ਉਹ ਪੁਲਿਸ ਦੀ ਮਦਦ ਲੈ ਕੇ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਮੁਫ਼ਤ ਇਲਾਜ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲਵੇ।
ਨਸ਼ਾ ਤਸਕਰਾਂ ਨੂੰ ਸਖ਼ਤ ਚੇਤਾਵਨੀ
ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸਪਸ਼ਟ ਕੀਤਾ ਗਿਆ ਹੈ ਕਿ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਇਹ ਮੁਹਿੰਮ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਲਗਾਤਾਰ ਜਾਰੀ ਰਹੇਗੀ। ਨਸ਼ਾ ਤਸਕਰੀ ਜਾਂ ਨਸ਼ਿਆਂ ਨਾਲ ਸਬੰਧਤ ਕਿਸੇ ਵੀ ਗਤੀਵਿਧੀ ਵਿੱਚ ਸ਼ਾਮਲ ਵਿਅਕਤੀ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।