ਫਤਿਹਗੜ੍ਹ ਚੂੜੀਆਂ/ਬਟਾਲਾ:- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਫ਼ਤਿਹਗੜ੍ਹ ਚੁਡੀਆਂ ਦੇ ਪਿੰਡ ਭਾਗੋਵਾਲ ਵਿਖੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ ਨਵੇਂ ਲੈਬ ਰੂਮ ਦਾ ਉਦਘਾਟਨ ਕੀਤਾ ਗਿਆ।ਇਸ ਲੈਬ ਰੂਮ ਦਾ ਉਦਘਾਟਨ ਮਾਰਕੀਟ ਕਮੇਟੀ ਫਤਿਹਗੜ੍ਹ ਚੂੜੀਆਂ ਦੇ ਚੇਅਰਮੈਨ ਰਜਿੰਦਰ ਸਿੰਘ ਜਾਂਗਲਾ ਵੱਲੋਂ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਰਜਿੰਦਰ ਸਿੰਘ ਜਾਂਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ, ਤਾਂ ਜੋ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਪ੍ਰੈਕਟੀਕਲ ਸਿੱਖਿਆ ਦੇ ਬਿਹਤਰ ਮੌਕੇ ਵੀ ਮਿਲ ਸਕਣ।
ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਹਰਜੋਬਨਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਹਲਕਾ ਫ਼ਤਿਹਗੜ੍ਹ ਚੂੜੀਆਂ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਭਾਗੋਵਾਲ ਸਕੂਲ ਦੀ ਲੰਮੇ ਸਮੇਂ ਤੋਂ ਚੱਲ ਰਹੀ ਲੈਬ ਰੂਮ ਦੀ ਲੋੜ ਨੂੰ ਪੂਰਾ ਕੀਤਾ ਗਿਆ ਹੈ ਅਤੇ ਸਕੂਲ ਦੀਆਂ ਬਾਕੀ ਰਹਿੰਦੀਆਂ ਮੰਗਾਂ ਨੂੰ ਵੀ ਜਲਦ ਪੂਰਾ ਕਰਨ ਲਈ ਯਤਨ ਕੀਤੇ ਜਾਣਗੇ।
ਇਸ ਮੌਕੇ ਬਲਾਕ ਪ੍ਰਧਾਨ ਪਲਵਿੰਦਰ ਸਿੰਘ ਭਾਗੋਵਾਲ, ਸਰਪੰਚ ਗੁਰਪ੍ਰੀਤ ਸਿੰਘ, ਦਿਲਬਾਗ ਸਿੰਘ, ਗੁਰਲੀਪ ਸਿੰਘ ਅਤੇ ਭੁਪਿੰਦਰ ਸਿੰਘ (ਮੈਂਬਰ ਪੰਚਾਇਤ), ਸਕੂਲ ਇੰਚਾਰਜ ਮੈਡਮ ਰਣਜੀਤ ਕੌਰ ਸਮੇਤ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੇ ਸਮਾਗਮ ਵਿੱਚ ਸ਼ਮੂਲੀਅਤ ਕੀਤੀ ।