ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਵੱਲੋਂ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਜ਼ਿਲ੍ਹੇ ਦੀਆਂ ਵੱਖ—ਵੱਖ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਕਿਸਾਨਾਂ ਦਾ ਇਕ—ਇਕ ਦਾਣਾ ਖਰੀਦਣ ਲਈ ਵਚਨਬੱਧ ਹੈ।ਉਹਨਾਂ ਸਮੂਹ ਖ਼ਰੀਦ ਏਜੰਸੀਆਂ ਪਾਸੋਂ ਝੋਨੇ ਦੀ ਸਟੋਰੇਜ਼ ਲਈ ਲੋੜੀਂਦੀ ਜਗ੍ਹਾ, ਬਾਰਦਾਨਾ ਅਤੇ ਹੋਰ ਸਟਾਕ ਆਰਟੀਕਲ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਇਕੱਤਰ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਹਰਲੇ ਸੂਬਿਆਂ ਅਤੇ ਜ਼ਿਲ੍ਹਿਆਂ ਤੋਂ ਝੋਨੇ ਦੀ ਫ਼ਸਲ ਲਿਆ ਕੇ ਜ਼ਿਲ੍ਹੇ ਦੀਆਂ ਵੱਖ—ਵੱਖ ਮੰਡੀਆਂ ਵਿੱਚ ਵੇਚਣਾ ਗੈਰ ਕਾਨੂੰਨੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਖਤ ਹਦਾਇਤਾਂ ਹਨ ਕਿ ਬਾਹਰੀ ਸੂਬੇ ਦੀ ਫ਼ਸਲ ਪੰਜਾਬ ਦੀਆਂ ਮੰਡੀਆਂ ਵਿੱਚ ਨਹੀਂ ਆਉਣੀ ਚਾਹੀਦੀ। ਉਹਨਾਂ ਕਿਹਾ ਕਿ ਜੇਕਰ ਕੋਈ ਬਾਹਰਲੇ ਸੂਬੇ ਤੋਂ ਆਪਣੀ ਝੋਨੇ ਦੀ ਫਸਲ ਜ਼ਿਲ੍ਹੇ ਦੀ ਕਿਸੇ ਵੀ ਮੰਡੀ ਵਿੱਚ ਪਾਇਆ ਗਿਆ ਤਾਂ ਉਸਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਝੋਨੇ ਦੀ ਖਰੀਦ ਅਤੇ ਲਿਫ਼ਟਿੰਗ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਿਆ ਜਾਵੇ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਖ਼ਰੀਦ ਪ੍ਰਕਿਰਿਆ ਨਾਲ ਸਬੰਧਤ ਕੰਮਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਸਾਰੇ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ।
ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਪਣੀ ਫਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਹਨਾਂ ਨੂੰ ਆਪਣੀ ਫਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ
ਪਵੇ।
ਮੀਟਿੰਗ ਦੌਰਾਨ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਹਿਮਾਂਸ਼ੂ ਕੁੱਕੜ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ 3 ਨਵੰਬਰ 2026 ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 648405.99 ਮੀਟਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਦਕਿ ਵੱਖ—ਵੱਖ ਖ਼ਰੀਦ ਏਜੰਸੀਆਂ ਵੱਲੋਂ 600272.31 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ 349457.93 ਮੀਟਰਿਕ ਟਨ ਝੋਨੇ ਦੀ ਲਿਫ਼ਟਿੰਗ ਵੀ ਹੋ ਚੁੱਕੀ ਹੈ ।ਕਿਸਾਨਾਂ ਨੂੰ ਖਰੀਦ ਗਈ ਫਸਲ ਦੀ ਅਦਾਇਗੀ ਵੀ ਨਾਲੋ—ਨਾਲ ਕੀਤੀ ਜਾ ਰਹੀ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਡੈਵੀ ਗੋਇਲ, ਐਸ.ਪੀ. ਸ੍ਰੀ ਗੁਰਿੰਦਰਜੀਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ ਤੋਂ ਇਲਾਵਾ ਖ਼ਰੀਦ ਏਜੰਸੀਆਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।