ਪੰਚਾਇਤ ਅਫ਼ਸਰ, ਪੰਚਾਇਤ ਸੈਕਟਰੀ, ਨਸ਼ਾ ਮੁਕਤੀ ਦੇ ਅਹੁਦੇਦਾਰਾਂ ਨੇ ਕੀਤੀ ਸ਼ਮੂਲੀਅਤ
ਫਤਿਹਗੜ੍ਹ ਚੂੜੀਆਂ/ਬਟਾਲਾ:- ਪੰਜਾਬ ਸਰਕਾਰ ਵਲੋਂ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ‘ਤੇ ਠੱਲ੍ਹ ਪਾਉਣ ਲਈ ਵਿਆਪਕ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਦੇ ਚਲਦਿਆਂ ਨਸ਼ਾ ਮੁਕਤੀ ਮੋਰਚਾ ਗੁਰਦਾਸਪੁਰ ਦੇ ਵਾਈਸ ਕੁਆਰਡੀਨੇਟਰ ਅਨਮੋਲ ਰੰਧਾਵਾ ਅਤੇ ਉਨ੍ਹਾਂ ਦੀਆਂ ਟੀਮ ਵਲੋਂ ਲੋਕਾਂ ਨੂੰ ਮਿਲਕੇ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ ਜਾ ਰਿਹਾ ਹੈ।
ਵਾਈਸ ਕੁਆਰਡੀਨੇਟਰ ਅਨਮੋਲ ਰੰਧਾਵਾ ਨੇ ਦੱਸਿਆ ਕਿ ਹਲਕਾ ਇੰਚਾਰਜ ਅਤੇ ਜ਼ਿਲ੍ਹਾ ਪਲਾਨਿੰਗ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜੋਬਨ ਰੰਧਾਵਾ ਅਤੇ ਜ਼ਿਲ੍ਹਾ ਕੁਆਰਡੀਨੇਟਰ ਗੁਰਦਾਸਪੁਰ ਡਾ. ਅਰਸ਼ਦੀਪ ਸਿੰਘ ਦੀ ਅਗਵਾਈ ਵਿੱਚ ਬੀ.ਡੀ.ਪੀ.ਓ ਦਫਤਰ ਫਤਿਹਗੜ੍ਹ ਚੂੜੀਆਂ ਵਿਖੇ ਨਸ਼ਾ ਮੁਕਤੀ ਮੁਹਿੰਮ ਤਹਿਤ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਪੰਚਾਇਤ ਅਫ਼ਸਰ, ਪੰਚਾਇਤ ਸੈਕਟਰੀ, ਨਸ਼ਾ ਮੁਕਤੀ ਦੇ ਹਲਕਾ ਕੋਆਰਡੀਨੇਟਰ ਜਗਪ੍ਰੀਤ ਸਿੰਘ ਮਾਰਕੀਟ ਕਮੇਟੀ ਦੇ ਚੇਅਰਮੈਨ ਰਣਜਿੰਦਰ ਸਿੰਘ ਮੌਜੂਦ ਸਨ।
ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਦੀ ਅਗਵਾਈ ਵਿੱਚ ਜਿਥੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਨਕੇਲ ਕੱਸੀ ਗਈ ਹੈ, ਓਥੇ ਨਸ਼ਾ ਪੀੜਤਾਂ ਦਾ ਮੁਫ਼ਤ ਇਲਾਜ ਕਰਵਾਇਆ ਜਾ ਰਿਹਾ ਹੈ।
ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵੱਡੀ ਗਿਣਤੀ ਵਿੱਚ ਗੈਰ ਸਮਾਜਿਕ ਅਨਸਰਾਂ ਦੀਆਂ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ ਅਤੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਨਿਰੰਤਰ ਜਾਰੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਦਾ ਆਪਣਾ ਦ੍ਰਿੜ ਸੰਕਲਪ ਦਿਖਾਇਆ ਹੈ ਅਤੇ ਲੋਕਾਂ ਵਲੋਂ ਵੀ ਨਾ ਮੁਰਾਦ ਬਿਮਾਰੀ ਨਸ਼ਿਆਂ ਨੂੰ ਖਤਮ ਕਰਨ ਲਈ ਸਹਿਯੋਗ ਮਿਲ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਨਸ਼ਾ ਮੁਕਤੀ ਮੋਰਚੇ ਦੀਆਂ ਟੀਮਾਂ ਪਿੰਡ-ਪਿੰਡ ਅਤੇ ਵਾਰਡ-ਵਾਰਡ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ ਅਤੇ ਡਰੱਗ ਹੇਟ ਸਪੋਟ ਸਥਾਨਾਂ ਦੀ ਸਨਾਖ਼ਤ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਲੋਕਾਂ ਨਾਲ ਵਿਚਾਰ ਵਟਾਂਦਰਾ ਕਰਕੇ ਨਸ਼ਿਆਂ ਦੀ ਸਮੱਸਿਆ ਵਿਰੁੱਧ ਲੜਾਈ ਵਿੱਚ ਹੋਈ ਪ੍ਰਗਤੀ ਬਾਰੇ ਵੱਖ ਵੱਖ ਮੁੱਦਿਆਂ ‘ਤੇ ਚਰਚਾ ਕੀਤੀ ਜਾ ਰਹੀ ਹੈ।
ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਨਸ਼ਿਆਂ ਨੂੰ ਲੋਕਾਂ ਦੇ ਸਹਿਯੋਗ ਨਾਲ ਸੂਬੇ ਅੰਦਰੋਂ ਖਤਮ ਕਰਨ ਲਈ ਦਿ੍ਰੜ ਸੰਕਲਪ ਹੈ।