ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚ 7,01,023.45 ਮੀਟ੍ਰਿਕ ਟਨ ਤੋਂ ਵਧੇਰੇ ਝੋਨੇ ਦੀ ਆਮਦ
ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖ਼ਰੀਦ ਨੇ ਤੇਜ਼ੀ ਫੜ ਲਈ ਹੈ ਅਤੇ ਖ਼ਰੀਦ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ। ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਖ਼ਰੀਦ ਪ੍ਰਬੰਧਾਂ ਦੇ ਨਾਲ-ਨਾਲ ਫ਼ਸਲ ਦੀ ਲਿਫਟਿੰਗ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਕੀਤੀ ਗਈ ਸਮੀਖਿਆ ਮੀਟਿੰਗ ਦੌਰਾਨ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਮੰਡੀਆਂ ਵਿੱਚ ਕਿਸਾਨਾਂ ਲਈ ਪੀਣ ਵਾਲੇ ਸਾਫ਼ ਪਾਣੀ, ਬੈਠਣ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਮੰਡੀਆਂ ਵਿੱਚ ਨਿਯਮਤ ਤੌਰ ’ਤੇ ਦੌਰੇ ਕਰਕੇ ਖ਼ਰੀਦ ਪ੍ਰਕਿਰਿਆ ’ਤੇ ਨਜ਼ਰ ਰੱਖਣ ਅਤੇ ਕਿਸਾਨਾਂ ਦੀ ਫ਼ਸਲ ਦੀ ਸਮੇਂ ਸਿਰ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਉਣ।
ਇਸ ਦੌਰਾਨ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਹਿਮਾਂਸ਼ੂ ਕੁੱਕੜ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ 04 ਨਵੰਬਰ 2026 ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 7,01,023.45 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਦਕਿ ਹੁਣ ਤੱਕ ਕੁੱਲ 6,49,546.77 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ ਅਤੇ 3,78,994.63 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਵੀ ਕੀਤੀ ਜਾ ਚੁੱਕੀ ਹੈ ਅਤੇ ਅਦਾਇਗੀ ਵੀ ਨਾਲੋ-ਨਾਲ ਕੀਤੀ ਜਾ ਰਹੀ ਹੈ।