ਜ਼ਿਲ੍ਹਿਆਂ ਅੰਦਰ ਪਰਾਲੀ ਪ੍ਰਬੰਧਨ ਨੂੰ ਲੈ ਕੇ ਕੀਤੇ ਜਾ ਰਹੇ ਯਤਨਾਂ ਦੀ ਕੀਤੀ ਸ਼ਲਾਘਾ
ਇਸੇ ਤਰ੍ਹਾਂ ਭਵਿੱਖ ਵਿੱਚ ਵੀ ਉਪਰਾਲੇ ਜਾਰੀ ਰੱਖਣ ਦੀ ਜਤਾਈ ਉਮੀਦ
ਸ੍ਰੀ ਮੁਕਤਸਰ ਸਾਹਿਬ:- ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੀ ਉੱਚ ਪੱਧਰੀ ਟੀਮ, ਜਿਸ ਵਿੱਚ ਮੈਂਬਰ-ਟੈਕਨੀਕਲ, ਡਾ.ਟੀ.ਐੱਸ. ਪੰਵਾਰ, ਡਾਇਰੈਕਟਰ ਸ੍ਰੀ ਸ਼ਿਵੇਂਦਰ ਚਤੁਰਵੇਦੀ ਅਤੇ ਸਾਇੰਟਿਸਟ ਡਾ. ਰਮੇਸ਼ ਕੁਮਾਰ ਸ਼ਾਮਲ ਸਨ, ਨੇ ਅੱਜ ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਦਾ ਦੌਰਾ ਕਰਕੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਹਿਬ ਸ੍ਰੀ ਅਮਿਤ ਕੁਮਾਰ ਪੰਚਾਲ ਅਤੇ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਉਨ੍ਹਾਂ ਨਾਲ ਮੌਜੂਦ ਰਹੇ।
ਮੀਟਿੰਗ ਦੌਰਾਨ ਮੈਂਬਰ-ਟੈਕਨੀਕਲ, ਡਾ.ਟੀ.ਐੱਸ. ਪੰਵਾਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਸਮੀਖਿਆ ਕਰਦਿਆਂ ਜਿੱਥੇ ਦੋਵੇਂ ਜ਼ਿਲ੍ਹਿਆਂ (ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ) ਵਿਖੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਉੱਥੇ ਹੀ ਭਵਿੱਖ ਵਿੱਚ ਵੀ ਉਪਰਾਲਿਆਂ ਨੂੰ ਜਾਰੀ ਰੱਖਣ ਦੀ ਉਮੀਦ ਵੀ ਜਤਾਈ।
ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਮੈਂਬਰ-ਟੈਕਨੀਕਲ, ਡਾ.ਟੀ.ਐੱਸ. ਪੰਵਾਰ ਨੂੰ ਵਿਸ਼ਵਾਸ਼ ਦਵਾਇਆ ਕਿ ਪਰਾਲੀ ਪ੍ਰਬੰਧਨ ਨੂੰ ਲੈ ਕੇ ਜ਼ਿਲ੍ਹੇ ਦੇ ਕਈ ਖੇਤਰਾਂ ਵਿੱਚ ਆ ਰਹੀਆਂ ਸਮੱਸਿਆਵਾਂ ਤੋਂ ਜਾਣੂੰ ਕਰਵਾਉਂਦਿਆਂ ਉਨ੍ਹਾਂ ਅੱਗੇ ਕਈ ਸੁਝਾਅ ਵੀ ਰੱਖੇ ਅਤੇ ਵਿਸ਼ਵਾਸ਼ ਦਵਾਇਆ ਕਿ ਮੁਸ਼ਕਿਲਾਂ ਦੇ ਬਾਵਜੂਦ ਵੀ ਪਰਾਲੀ ਪ੍ਰਬੰਧਨ ਨੂੰ ਲੈ ਕੇ ਜ਼ਿਲ੍ਹੇ ਅੰਦਰ ਹਰ ਸੰਭਵ ਯਤਨ ਜਾਰੀ ਰੱਖਣਗੇ।
ਇਸ ਤੋਂ ਪਹਿਲਾਂ ਦੌਰੇ ਦੌਰਾਨ ਕਮਿਸ਼ਨ ਦੀ ਟੀਮ ਨੇ ਸਾਲ 2025 ਦੌਰਾਨ ਪਛਾਣੇ ਗਏ ‘ਹੌਟਸਪੌਟ’ (ਸਮੱਸਿਆ ਵਾਲੇ) ਪਿੰਡਾਂ ਦਾ ਨਿਰੀਖਣ ਕੀਤਾ, ਜਿਨ੍ਹਾਂ ਵਿੱਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕੋਟ ਭਾਈ ਅਤੇ ਆਲਮ ਵਾਲਾ ਸ਼ਾਮਲ ਸਨ। ਟੀਮ ਨੇ ਵੱਖ-ਵੱਖ ਥਾਵਾਂ ‘ਤੇ ਪਰਾਲੀ ਪ੍ਰਬੰਧਨ ਲਈ ਵਰਤੀਆਂ ਜਾਣ ਵਾਲੀਆਂ ਵੱਖ-ਵੱਖ ਮਸ਼ੀਨਾਂ ਦਾ ਜਾਇਜ਼ਾ ਲਿਆ, ਜਿਨ੍ਹਾਂ ਵਿੱਚ ‘ਐਕਸ-ਸਿਟੂ’ (ਖੇਤ ਤੋਂ ਬਾਹਰ ਪ੍ਰਬੰਧਨ) ਲਈ ਬੇਲਰ ਅਤੇ ਸਟ੍ਰਾਅ ਰੇਕ ਅਤੇ ‘ਇਨ-ਸਿਟੂ’ (ਖੇਤ ਵਿੱਚ ਹੀ ਪ੍ਰਬੰਧਨ) ਲਈ ਸੁਪਰ ਸੀਡਰ ਅਤੇ ਜ਼ੀਰੋ ਟਿੱਲ ਡਰਿੱਲ ਸ਼ਾਮਲ ਸਨ।
ਟੀਮ ਨੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਿਸਾਨਾਂ ਦੀ ਸਰਗਰਮ ਭਾਗੀਦਾਰੀ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਨੇ ਟੀਮ ਨੂੰ ਪਰਾਲੀ ਦੇ ਵਿਗਿਆਨਕ ਪ੍ਰਬੰਧਨ ਲਈ ਕਿਸਾਨਾਂ ਨੂੰ ਮਸ਼ੀਨਰੀ ਸਮੇਂ ਸਿਰ ਉਪਲਬਧ ਕਰਵਾਉਣ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਜਾਣੂ ਕਰਵਾਇਆ।
ਟੀਮ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਗਿੱਦੜਬਾਹਾ ਖੇਤਰ ਵਿੱਚ ਪੈਂਦੇ ਪਿੰਡ ਹੁਸਨਰ ਵਿਖੇ ਪਸ਼ੂ ਚਾਰੇ ਦੇ ਪਲਾਂਟ ਦਾ ਦੌਰਾ ਕੀਤਾ, ਤਾਂ ਜੋ ਇਹ ਦੇਖਿਆ ਜਾ ਸਕੇ ਕਿ ਝੋਨੇ ਦੀ ਪਰਾਲੀ ਦੀ ਵਰਤੋਂ ਪਸ਼ੂਆਂ ਦੇ ਚਾਰੇ ਵਜੋਂ ਕਿਵੇਂ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ, ਟੀਮ ਨੇ ਰੁਪਾਣਾ ਸਥਿਤ ‘ਸੇਤੀਆ ਇੰਡਸਟਰੀਜ਼ ਲਿਮਿਟੇਡ’ (ਪੇਪਰ ਮਿੱਲ) ਵਿਖੇ ਝੋਨੇ ਦੀ ਪਰਾਲੀ ‘ਤੇ ਚੱਲਣ ਵਾਲੇ ਉਦਯੋਗਿਕ ਬਾਇਲਰ ਦਾ ਨਿਰੀਖਣ ਕੀਤਾ। ਇੱਥੇ ਟੀਮ ਨੇ ਪਰਾਲੀ ਦੀ ਖਰੀਦ, ਢੋਆ-ਢੁਆਈ, ਪ੍ਰੋਸੈਸਿੰਗ ਅਤੇ ਉਦਯੋਗਿਕ ਬਾਲਣ ਵਜੋਂ ਇਸ ਦੀ ਵਰਤੋਂ ਦਾ ਜਾਇਜ਼ਾ ਲਿਆ ਅਤੇ ਇਸ ਨਾਲ ਜੁੜੀ ‘ਐਕਸ-ਸਿਟੂ’ ਸਪਲਾਈ ਚੇਨ ਦੀ ਸਮੀਖਿਆ ਕੀਤੀ।
ਕਮਿਸ਼ਨ ਦੀ ਟੀਮ ਨੇ ਜ਼ੋਰ ਦਿੱਤਾ ਕਿ ਪਰਾਲੀ ਦਾ ਵਿਗਿਆਨਕ ਢੰਗ ਨਾਲ ਪ੍ਰਬੰਧਨ ਯਕੀਨੀ ਬਣਾਉਣ ਅਤੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੇ ਅੰਤਿਮ ਟੀਚੇ ਦੀ ਪ੍ਰਾਪਤੀ ਲਈ ਸਾਰੇ ਸਬੰਧਤ ਵਿਭਾਗਾਂ ਦੇ ਨਿਰੰਤਰ ਯਤਨਾਂ ਦੇ ਨਾਲ-ਨਾਲ ਕਿਸਾਨਾਂ ਦੀ ਸਰਗਰਮ ਭਾਗੀਦਾਰੀ ਵੀ ਬੇਹੱਦ ਜ਼ਰੂਰੀ ਹੈ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹੁੰਚੀ ਟੀਮ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮੰਨਿਉ ਰਾਣਾ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਡੈਵੀ ਗੋਇਲ, ਦੋਵੇ ਜ਼ਿਲ੍ਹਿਆਂ ਨਾਲ ਸਬੰਧਤ ਐਸ.ਡੀ.ਐਮਜ਼., ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੀਫ਼ ਇੰਜ. ਰਜਿੰਦਰ ਭੱਟੀ, ਵਾਤਾਵਰਣ ਇੰਜ. ਦਲਜੀਤ ਸਿੰਘ, ਜ਼ਿਲ੍ਹਾ ਖੇਤੀ ਬਾੜੀ ਅਫ਼ਸਰ ਡਾ. ਜਗਸੀਰ ਸਿੰਘ ਤੋਂ ਇਲਾਵਾ ਹੋਰ ਸਿਵਲ ਅਤੇ ਪੁਲਿਸ ਪ੍ਰਸ਼ਾਸਨਿਕ ਅਧਿਕਾਰੀ ਆਦਿ ਮੌਜੂਦ ਸਨ।