ਕਿਸਾਨ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਕੇ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਕਰਨ
ਬਟਾਲਾ:- ਖੇਤੀਬਾੜੀ ਕਰਦਿਆਂ ਹਰੇਕ ਕਿਸਾਨ ਦੀ ਇਹੀ ਕੋਸ਼ਿਸ਼ ਹੁੰਦੀ ਹੈ ਕਿ ਫ਼ਸਲ ਦੀ ਉਤਪਾਦਨ ਲਾਗਤ ਘੱਟ ਹੋਵੇ ਅਤੇ ਆਮਦਨ ਵਿੱਚ ਵਾਧਾ ਹੋਵੇ। ਇਹ ਟੀਚਾ ਆਧੁਨਿਕ ਖੇਤੀ ਤਕਨੀਕਾਂ ਨੂੰ ਅਪਣਾ ਕੇ ਅਤੇ ਉਨ੍ਹਾਂ ਦੀ ਸਹੀ ਵਰਤੋਂ ਕਰਕੇ ਹੀ ਪ੍ਰਾਪਤ ਕੀਤਾ ਜਾ ਸਕਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਲੱਸਟਰ ਇੰਚਾਰਜ ਖੇਤੀਬਾੜੀ ਵਿਸਥਾਰ ਅਫਸਰ ਕੁਲਵਿੰਦਰ ਕੌਰ ਨੇ ਪਿੰਡ ਤਲਵੰਡੀ ਲਾਲ ਸਿੰਘ ਵਿਖੇ ਸੁਪਰ ਸੀਡਰ ਮਸ਼ੀਨ ਨਾਲ ਕੀਤੀ ਕਣਕ ਦੀ ਬਿਜਾਈ ਵੇਖਣ ਉਪਰੰਤ ਕੀਤਾ।
ਇਸ ਮੌਕੇ ਕਿਸਾਨਾਂ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਦੱਸਿਆ ਕਿ ਪਰਾਲੀ ਪ੍ਰਬੰਧਨ ਕੋਈ ਮੁਸ਼ਕਲ ਕੰਮ ਨਹੀਂ, ਸਗੋਂ ਇਸ ਦੇ ਸੁਚੱਜੇ ਪ੍ਰਬੰਧਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਸੁਧਾਰ ਹੋਇਆ ਹੈ ਅਤੇ ਫ਼ਸਲ ਦਾ ਝਾੜ ਵੀ ਵਧੀਆ ਮਿਲ ਰਿਹਾ ਹੈ।
ਸੁਪਰ ਸੀਡਰ ਤਕਨੀਕ ਦੇ ਫ਼ਾਇਦਿਆਂ ਬਾਰੇ ਜਾਣਕਾਰੀ ਦਿੰਦਿਆਂ ਕਲੱਸਟਰ ਇੰਚਾਰਜ ਨੇ ਦੱਸਿਆ ਕਿ ਇਹ ਕਣਕ ਦੀ ਬਿਜਾਈ ਲਈ ਸੌਖੀ ਅਤੇ ਕਿਫ਼ਾਇਤੀ ਤਕਨੀਕ ਹੈ। ਇਸ ਨਾਲ ਝੋਨੇ ਅਤੇ ਬਾਸਮਤੀ ਦੀ ਕਟਾਈ ਤੋਂ ਬਾਅਦ ਖੇਤ ਵਿੱਚ ਮੌਜੂਦ ਵੱਤਰ ਦੀ ਵਰਤੋਂ ਕਰਕੇ ਸਿੱਧੀ ਬਿਜਾਈ ਕੀਤੀ ਜਾ ਸਕਦੀ ਹੈ। ਇਸ ਤਰ੍ਹਾਂ ਬਿਜਾਈ ਤੋਂ ਪਹਿਲਾਂ ਕੀਤੀ ਜਾਣ ਵਾਲੀ ਰੌਣੀ ਲਈ ਵਰਤੇ ਜਾਂਦੇ ਪਾਣੀ ਦੀ ਵੱਡੀ ਬੱਚਤ ਹੁੰਦੀ ਹੈ ਅਤੇ ਸਮੇਂ ਦੀ ਵੀ ਬਚਤ ਹੁੰਦੀ ਹੈ। ਇਸ ਤੋਂ ਇਲਾਵਾ ਖੇਤਾਂ ਵਿੱਚ ਨਦੀਨਾਂ ਦੀ ਸਮੱਸਿਆ ਵੀ ਘੱਟ ਹੁੰਦੀ ਹੈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ, ਕਿਉਂਕਿ ਪਰਾਲੀ ਸਾੜਨ ਨਾਲ ਮਿੱਟੀ ਦੀ ਉਪਰਲੀ ਪਰਤ ਦਾ ਤਾਪਮਾਨ ਵਧ ਜਾਂਦਾ ਹੈ, ਜਿਸ ਕਾਰਨ ਮਿੱਟੀ ਦੀ ਨਮੀ ਅਤੇ ਇਸ ਵਿੱਚ ਮੌਜੂਦ ਲਾਹੇਵੰਦ ਸੂਖਮ ਜੀਵਾਂ ਦੀ ਗਿਣਤੀ ਘਟਦੀ ਹੈ। ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ‘ਤੇ ਮਾੜਾ ਅਸਰ ਪੈਂਦਾ ਹੈ। ਇਸ ਲਈ ਕਿਸਾਨਾਂ ਨੂੰ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਕੇ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਕਰਨਾ ਚਾਹੀਦਾ ਹੈ।