ਕਿਸਾਨ ਪਰਾਲੀ ਨੂੰ ਅੱਗ ਨਾ ਲਗਾ ਕੇ ਧਰਤੀ ਦੀ ਉਪਜਾਊ ਸ਼ਕਤੀ ਬਚਾਉਣ
ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਤਰਜੀਹ ਦੇਣ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਇਸ ਦਾ ਮਾੜਾ ਪ੍ਰਭਾਵ ਮਨੁੱਖੀ ਸਿਹਤ, ਪਸ਼ੂ-ਪੰਛੀਆਂ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਪੈਂਦਾ ਹੈ। ਇਸ ਲਈ ਕਿਸਾਨ ਪਰਾਲੀ ਦਾ ਯੋਗ ਪ੍ਰਬੰਧਨ ਕਰਕੇ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਵਿੱਚ ਮੌਜੂਦ ਲਾਭਦਾਇਕ ਸੂਖਮ ਜੀਵ ਅਤੇ ਮਿੱਤਰ ਕੀੜੇ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਮਿੱਟੀ ਦੀ ਕੁਦਰਤੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ। ਇਸ ਤੋਂ ਇਲਾਵਾ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲਾ ਧੂੰਆਂ ਹਵਾ ਦੀ ਗੁਣਵੱਤਾ ਨੂੰ ਖ਼ਰਾਬ ਕਰਦਾ ਹੈ ਅਤੇ ਸਾਹ ਦੀਆਂ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਵੱਲੋਂ ਸਿਫ਼ਾਰਸ਼ ਕੀਤੀਆਂ ਆਧੁਨਿਕ ਖੇਤੀ ਮਸ਼ੀਨਾਂ ਜਿਵੇਂ ਸੁਪਰ ਸੀਡਰ, ਹੈਪੀ ਸੀਡਰ, ਸਮਾਰਟ ਸੀਡਰ, ਮਲਚਰ ਅਤੇ ਹੋਰ ਮਸ਼ੀਨਾਂ ਦੀ ਵਰਤੋਂ ਕਰ ਸਕਦੇ ਹਨ। ਇਨ੍ਹਾਂ ਮਸ਼ੀਨਾਂ ਰਾਹੀਂ ਪਰਾਲੀ ਦਾ ਖੇਤਾਂ ਵਿੱਚ ਹੀ ਪ੍ਰਬੰਧਨ ਕਰਕੇ ਅਗਲੀ ਫ਼ਸਲ ਦੀ ਬਿਜਾਈ ਕੀਤੀ ਜਾ ਸਕਦੀ ਹੈ।
ਉਨ੍ਹਾਂ ਕਿਹਾ ਕਿ ਪਰਾਲੀ ਨੂੰ ਖੇਤਾਂ ਵਿੱਚ ਵਾਹੁਣ ਨਾਲ ਮਿੱਟੀ ਵਿੱਚ ਜੈਵਿਕ ਮਾਦੇ ਦੀ ਮਾਤਰਾ ਵਧਦੀ ਹੈ, ਜ਼ਮੀਨ ਦੀ ਨਮੀ ਬਰਕਰਾਰ ਰਹਿੰਦੀ ਹੈ ਅਤੇ ਮਿੱਟੀ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ। ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਲੰਮੇ ਸਮੇਂ ਤੱਕ ਕਾਇਮ ਰੱਖਣ ਵਿੱਚ ਮਦਦ ਮਿਲਦੀ ਹੈ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੇ ਯੋਗ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ ਅਤੇ ਵਿਭਾਗ ਵੱਲੋਂ ਦਿੱਤੀ ਜਾਂਦੀ ਤਕਨੀਕੀ ਜਾਣਕਾਰੀ ਦਾ ਲਾਭ ਉਠਾਉਣ।