ਹੁਣ ਤੱਕ 8,89,286.16 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ, 8,27,115.35 ਮੀਟ੍ਰਿਕ ਟਨ ਝੋਨੇ ਹੋਈ ਖਰੀਦ
ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਸੁਚਾਰੂ ਢੰਗ ਨਿਰਵਿਘਨ ਜਾਰੀ ਹੈ ਅਤੇ ਮਿੱਥੇ ਗਏ ਟੀਚੇ ਅਨੁਸਾਰ ਖਰੀਦੇ ਗਏ ਝੋਨੇ ਦੀ ਲਿਫਟਿੰਗ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਖਰੀਦ, ਅਦਾਇਗੀ ਅਤੇ ਲਿਫਟਿੰਗ ਦੇ ਕੰਮ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਬੇਲੋੜੀ ਉਡੀਕ ਨਾ ਕਰਨੀ ਪਵੇ ਅਤੇ ਵਿਭਾਗ ਵੱਲੋਂ ਕਿਸਾਨਾਂ ਦੀ ਸਹੂਲਤ ਅਤੇ ਝੋਨੇ ਦੀ ਸਮੇਂ ਸਿਰ ਚੁਕਾਈ ਨੂੰ ਪਹਿਲ ਦਿੱਤੀ ਜਾ ਰਹੀ ਹੈ।
ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਹਿਮਾਂਸ਼ੂ ਕੁੱਕੜ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਫ਼ ਸੀਜ਼ਨ 2026-27 ਦੌਰਾਨ ਹੁਣ ਤੱਕ 8,89,286.16 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 8,27,115.35 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਖਰੀਦੇ ਗਏ ਝੋਨੇ ਦੀ 72 ਘੰਟਿਆਂ ਦੇ ਅੰਦਰ ਲਿਫਟਿੰਗ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਹੁਣ ਤੱਕ 5,71,079.4 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।