ਚਾਰ ਸਬ-ਡਵੀਜ਼ਨਾਂ ਦੇ ਡਰੱਗ ਹਾਟਸਪਾਟ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਕੀਤੀ ਗਈ ਸਖ਼ਤ ਚੈਕਿੰਗ,
210 ਪੁਲਿਸ ਮੁਲਾਜ਼ਮਾਂ ਨੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਕੀਤੀ ਜਾਂਚ
ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਵੱਲੋਂ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹੇ ਵਿੱਚੋਂ ਨਸ਼ਾ ਤਸਕਰੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐੱਸ., ਐੱਸ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਸ ਦੌਰਾਨ ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਡਰੱਗ ਹਾਟਸਪਾਟ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਸ਼ੱਕੀ ਵਿਅਕਤੀਆਂ, ਵਾਹਨਾਂ ਅਤੇ ਸ਼ੱਕੀ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ।
ਇਹ ਵਿਸ਼ੇਸ਼ ਸਰਚ ਆਪ੍ਰੇਸ਼ਨ ਜ਼ਿਲ੍ਹੇ ਦੀਆਂ ਚਾਰੇ ਸਬ-ਡਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਵਿਖੇ ਚਲਾਇਆ ਗਿਆ। ਆਪ੍ਰੇਸ਼ਨ ਸਬੰਧਤ ਸਬ-ਡਵੀਜ਼ਨਾਂ ਦੇ ਗਜ਼ਟਿਡ ਅਫ਼ਸਰਾਂ ਦੀ ਨਿਗਰਾਨੀ ਹੇਠ ਚਲਾਇਆ ਗਿਆ, ਜਿਸ ਵਿੱਚ ਕਰੀਬ 210 ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ। ਪੁਲਿਸ ਟੀਮਾਂ ਵੱਲੋਂ ਵੱਖ-ਵੱਖ ਸ਼ੱਕੀ ਥਾਵਾਂ ’ਤੇ ਪਹੁੰਚ ਕੇ ਤਲਾਸ਼ੀ ਅਤੇ ਚੈਕਿੰਗ ਕੀਤੀ ਗਈ।
ਇਸ ਸਰਚ ਆਪ੍ਰੇਸ਼ਨ ਦੌਰਾਨ ਵਿਸ਼ੇਸ਼ ਤੌਰ ’ਤੇ ਉਨ੍ਹਾਂ ਵਿਅਕਤੀਆਂ ਅਤੇ ਥਾਵਾਂ ਨੂੰ ਨਿਸ਼ਾਨਾ ਬਣਾਇਆ ਗਿਆ, ਜਿਨ੍ਹਾਂ ਖ਼ਿਲਾਫ਼ ਪਹਿਲਾਂ ਤੋਂ ਨਸ਼ਾ ਤਸਕਰੀ ਜਾਂ ਹੋਰ ਅਪਰਾਧਿਕ ਮਾਮਲੇ ਦਰਜ ਹਨ ਜਾਂ ਜਿਨ੍ਹਾਂ ਸਬੰਧੀ ਪੁਲਿਸ ਨੂੰ ਸ਼ਿਕਾਇਤਾਂ ਅਤੇ ਖੁਫੀਆ ਜਾਣਕਾਰੀਆਂ ਪ੍ਰਾਪਤ ਹੋਈਆਂ ਹਨ। ਇਸ ਤੋਂ ਇਲਾਵਾ ਅਜਿਹੇ ਸੰਵੇਦਨਸ਼ੀਲ ਇਲਾਕਿਆਂ ਅਤੇ ਸ਼ੱਕੀ ਟਿਕਾਣਿਆਂ ਦੀ ਵੀ ਚੈਕਿੰਗ ਕੀਤੀ ਗਈ, ਜਿੱਥੇ ਸ਼ਰਾਰਤੀ ਅਨਸਰਾਂ ਦੇ ਇਕੱਠੇ ਹੋਣ ਜਾਂ ਨਸ਼ਾ ਵੇਚਣ ਵਾਲੇ ਵਿਅਕਤੀਆਂ ਦੀਆਂ ਗਤੀਵਿਧੀਆਂ ਸਬੰਧੀ ਸੂਚਨਾਵਾਂ ਮਿਲੀਆਂ ਸਨ। ਪੁਲਿਸ ਵੱਲੋਂ ਪਹਿਲਾਂ ਤੋਂ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਦੇ ਟਿਕਾਣਿਆਂ ਦੀ ਵੀ ਜਾਂਚ ਕੀਤੀ ਗਈ, ਤਾਂ ਜੋ ਅਜਿਹੇ ਅਨਸਰਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਦਿਆਂ ਉਨ੍ਹਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਅਤੇ ਅਪਰਾਧਿਕ ਅਨਸਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਇਹ ਵਿਸ਼ੇਸ਼ ਸਰਚ ਆਪ੍ਰੇਸ਼ਨ ਚਲਾਇਆ ਗਿਆ ਹੈ, ਜਿਸ ਦਾ ਮੁੱਖ ਉਦੇਸ਼ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ’ਤੇ ਰੋਕ ਲਗਾਉਣ ਦੇ ਨਾਲ-ਨਾਲ ਸ਼ੱਕੀ ਅਤੇ ਅਪਰਾਧਿਕ ਅਨਸਰਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣਾ ਹੈ। ਉਨ੍ਹਾਂ ਦੱਸਿਆ ਕਿ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਵੱਲੋਂ ਸ਼ੱਕੀ ਵਿਅਕਤੀਆਂ ਦੀ ਪੁੱਛਗਿੱਛ ਅਤੇ ਤਲਾਸ਼ੀ ਤੋਂ ਇਲਾਵਾ ਸ਼ੱਕੀ ਵਾਹਨਾਂ ਅਤੇ ਹੋਰ ਸਮਾਨ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਗਈ, ਤਾਂ ਜੋ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਨੂੰ ਸਮੇਂ ਸਿਰ ਰੋਕਿਆ ਜਾ ਸਕੇ ਅਤੇ ਨਸ਼ਾ ਤਸਕਰੀ ਨਾਲ ਜੁੜੇ ਅਨਸਰਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।
ਐੱਸ.ਐੱਸ.ਪੀ. ਨੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਚੈਕਿੰਗ ਦੌਰਾਨ ਆਮ ਲੋਕਾਂ ਨਾਲ ਨਿਮਰਤਾ ਅਤੇ ਸਲੀਕੇ ਨਾਲ ਪੇਸ਼ ਆਇਆ ਜਾਵੇ ਅਤੇ ਕਿਸੇ ਵੀ ਨਾਗਰਿਕ ਨੂੰ ਬੇਲੋੜੀ ਪ੍ਰੇਸ਼ਾਨੀ ਨਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਦੇ ਨਾਲ-ਨਾਲ ਆਮ ਲੋਕਾਂ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ, ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਅਜਿਹੇ ਵਿਸ਼ੇਸ਼ ਸਰਚ ਆਪ੍ਰੇਸ਼ਨ ਅਤੇ ਚੈਕਿੰਗ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ ਜਾਂ ਕਿਸੇ ਵੀ ਸ਼ੱਕੀ ਗਤੀਵਿਧੀ ਸਬੰਧੀ ਜਾਣਕਾਰੀ ਬਿਨਾਂ ਕਿਸੇ ਡਰ ਤੋਂ ਪੁਲਿਸ ਨਾਲ ਸਾਂਝੀ ਕਰਨ। ਜਾਣਕਾਰੀ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।