ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਵੱਲੋਂ ਬਲਾਕ ਧਿਆਨਪੁਰ ਦੇ ਵੱਖ-ਵੱਖ ਸਕੂਲਾਂ ਦਾ ਦੌਰਾ
ਬਟਾਲਾ:- ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਾਸਪੁਰ ਰਾਜੇਸ਼ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਵੱਲੋਂ ਬਲਾਕ ਧਿਆਨਪੁਰ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਸਿੱਖਿਆ, ਵੱਖ-ਵੱਖ ਕਿੱਤਾ ਮੁਖੀ ਕੋਰਸਾਂ ਅਤੇ ਆਉਣ ਵਾਲੀਆਂ ਪ੍ਰਯੋਗੀ ਪ੍ਰੀਖਿਆਵਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦੇ ਕੇ ਉਨ੍ਹਾਂ ਦਾ ਮਾਰਗਦਰਸ਼ਨ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਮੁਕੇਸ਼ ਵਰਮਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਰਕਾਰੀ ਹਾਈ ਸਕੂਲ ਧਰਮਕੋਟ ਬੱਗਾ, ਸਰਕਾਰੀ ਹਾਈ ਸਕੂਲ ਦਾਲਮ ਅਤੇ ਸਰਕਾਰੀ ਹਾਈ ਸਕੂਲ ਜੌੜਾ ਸਿੰਘਾ ਸਮੇਤ ਬਲਾਕ ਦੇ ਹੋਰਨਾਂ ਸਕੂਲਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਨੂੰ ਭਵਿੱਖ ਦੀ ਪੜ੍ਹਾਈ ਅਤੇ ਕਰੀਅਰ ਸਬੰਧੀ ਸਹੀ ਫ਼ੈਸਲੇ ਲੈਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਮੁਕੇਸ਼ ਵਰਮਾ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਜ਼ਿਕਰ ਕਰਦਿਆਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਸਮਾਜ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਵਿਦਿਆਰਥੀ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਅਹਿਮ ਯੋਗਦਾਨ ਪਾ ਸਕਦੇ ਹਨ। ਨਸ਼ਿਆਂ ਦੀ ਲਪੇਟ ਵਿੱਚ ਆਏ ਵਿਅਕਤੀਆਂ ਨਾਲ ਨਫ਼ਰਤ ਕਰਨ ਦੀ ਬਜਾਏ ਉਨ੍ਹਾਂ ਨੂੰ ਹਮਦਰਦੀ, ਸਹਿਯੋਗ ਅਤੇ ਸਹੀ ਮਾਰਗਦਰਸ਼ਨ ਰਾਹੀਂ ਮੁੜ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਯਤਨ ਕਰਨੇ ਚਾਹੀਦੇ ਹਨ।
ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਖੁਦ ਨਸ਼ਿਆਂ ਤੋਂ ਦੂਰ ਰਹਿਣ ਦੇ ਨਾਲ-ਨਾਲ ਆਪਣੇ ਪਰਿਵਾਰਾਂ ਅਤੇ ਸਮਾਜ ਵਿੱਚ ਵੀ ਨਸ਼ਾ ਵਿਰੋਧੀ ਜਾਗਰੂਕਤਾ ਫੈਲਾਉਣ ਅਤੇ ਇੱਕ ਸਿਹਤਮੰਦ, ਸਿੱਖਿਅਤ ਤੇ ਨਸ਼ਾ ਮੁਕਤ ਸਮਾਜ ਦੀ ਉਸਾਰੀ ਵਿੱਚ ਆਪਣੀ ਭੂਮਿਕਾ ਨਿਭਾਉਣ।
ਉਨ੍ਹਾਂ ਅੱਗੇ ਕਿਹਾ ਕਿ ਅੱਜ ਦੇ ਮੁਕਾਬਲੇ ਭਰੇ ਯੁੱਗ ਵਿੱਚ ਸਿਰਫ਼ ਵਿੱਦਿਅਕ ਡਿਗਰੀਆਂ ਹਾਸਲ ਕਰਨਾ ਹੀ ਕਾਫ਼ੀ ਨਹੀਂ, ਸਗੋਂ ਵਿਦਿਆਰਥੀਆਂ ਲਈ ਆਪਣੀ ਰੁਚੀ, ਯੋਗਤਾ ਅਤੇ ਸਮਰੱਥਾ ਅਨੁਸਾਰ ਸਹੀ ਕਿੱਤੇ ਦੀ ਚੋਣ ਕਰਨਾ ਵੀ ਬੇਹੱਦ ਜ਼ਰੂਰੀ ਹੈ। ਕਿੱਤਾ ਮੁਖੀ ਸਿੱਖਿਆ ਵਿਦਿਆਰਥੀਆਂ ਨੂੰ ਆਤਮ-ਨਿਰਭਰ ਬਣਾਉਣ, ਰੁਜ਼ਗਾਰ ਦੇ ਮੌਕੇ ਪ੍ਰਾਪਤ ਕਰਨ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਇਸ ਲਈ ਹਰ ਵਿਦਿਆਰਥੀ ਨੂੰ ਉਪਲਬਧ ਕੋਰਸਾਂ, ਪ੍ਰੀਖਿਆਵਾਂ ਅਤੇ ਭਵਿੱਖ ਦੇ ਕਰੀਅਰ ਵਿਕਲਪਾਂ ਬਾਰੇ ਸਮੇਂ ਸਿਰ ਜਾਣਕਾਰੀ ਹਾਸਲ ਕਰਨੀ ਚਾਹੀਦੀ ਹੈ।”
ਇਸ ਮੌਕੇ ਬਲਾਕ ਗਾਈਡੈਂਸ ਕੌਂਸਲਰ ਧਿਆਨਪੁਰ ਸਰਬਜੀਤ ਸਿੰਘ ਚੱਠਾ ਅਤੇ ਬਲਾਕ ਧਿਆਨਪੁਰ ਦੇ ਬਲਾਕ ਨੋਡਲ ਅਫ਼ਸਰ ਨਵਦੀਪ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਇਸ ਤੋਂ ਇਲਾਵਾ ਮੁੱਖ ਅਧਿਆਪਕ ਸੁਭਾਸ਼ ਚੰਦਰ, ਗਾਈਡੈਂਸ ਕੌਂਸਲਰ ਬਿਕਰਮਜੀਤ, ਜਸਪਾਲ ਸਿੰਘ, ਆਸ਼ਾ ਸਿੰਘ ਸਮੇਤ ਹੋਰ ਅਧਿਆਪਕ ਸਾਹਿਬਾਨ ਵੀ ਹਾਜ਼ਰ ਸਨ।