ਜ਼ਿਲ੍ਹਾ ਵਾਸੀ 30 ਨਵੰਬਰ 2026 ਤੱਕ ਕਰ ਸਕਣਗੇ ਸਵੈ-ਗਣਨਾ
ਸ੍ਰੀ ਮੁਕਤਸਰ ਸਾਹਿਬ:- ਜਨਗਣਨਾ 2027 ਦੇ ਦੂਜੇ ਪੜਾਅ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਡਾਇਰੈਕਟੋਰੇਟ ਆਫ਼ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਰਾਹੀਂ ਜ਼ਿਲ੍ਹਾ ਵਾਸੀਆਂ ਨੂੰ ਲਗਤਾਰ ਜਾਗਰੂਕ ਕੀਤਾ ਜਾ ਰਿਹਾ ਹੈ।
ਇਸੇ ਲੜੀ ਤਹਿਤ ਬੀਤੇ ਦਿਨੀਂ ਮਿਤੀ 19 ਨਵੰਬਰ 2026 ਜ਼ਿਲ੍ਹੇ ਦੇ ਪਿੰਡ ਚੱਕ ਦੂਹੇਵਾਲਾ, ਫੂਲੇਵਾਲਾ, ਦਬੜਾ, ਚੱਕ ਤਾਮਕੋਟ ਅਤੇ ਧਿਗਾਣਾ ਵਿਖੇ ਲੋਕਾਂ ਨੂੰ ਜਨਗਣਨਾ 2027 ਦੇ ਦੂਜੇ ਪੜਾਅ ਬਾਰੇ ਜਾਗਰੂਕ ਕੀਤਾ ਗਿਆ।
ਇਸ ਮੌਕੇ ਲੋਕਾਂ ਨੂੰ ਦੱਸਿਆ ਗਿਆ ਕਿ ਜਨਗਣਨਾ-2027 ਤਹਿਤ ਸਵੈ-ਗਣਨਾ (ਸੈਲਫ਼ ਐਨਿਊਮੀਰੇਸ਼ਨ) ਦੀ ਸਹੂਲਤ 16 ਨਵੰਬਰ ਤੋਂ 30 ਨਵੰਬਰ 2026 ਤੱਕ ਉਪਲੱਬਧ ਰਹੇਗੀ। ਇਸ ਦੌਰਾਨ ਜ਼ਿਲ੍ਹਾ ਵਾਸੀ ਘਰ ਬੈਠੇ ਹੀ ਅਧਿਕਾਰਤ ਪੋਰਟਲ se.census.gov.in ਰਾਹੀਂ ਆਪਣੇ ਘਰ ਅਤੇ ਪਰਿਵਾਰ ਨਾਲ ਸਬੰਧਤ ਲੋੜੀਂਦੇ ਵੇਰਵੇ ਆਨਲਾਈਨ ਦਰਜ ਕਰਵਾ ਸਕਣਗੇ। ਆਨਲਾਈਨ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਹਰੇਕ ਪਰਿਵਾਰ ਨੂੰ ਇੱਕ ਵਿਲੱਖਣ ਸਵੈ-ਗਣਨਾ ਪਛਾਣ ਨੰਬਰ (ਐੱਸ.ਈ. ਆਈ.ਡੀ.) ਜਾਰੀ ਕੀਤਾ ਜਾਵੇਗਾ, ਜਿਸ ਨੂੰ ਬਾਅਦ ਵਿੱਚ ਘਰ-ਘਰ ਜਾ ਕੇ ਜਨਗਣਨਾ ਕਰਨ ਵਾਲੇ ਅਧਿਕਾਰਤ ਕਰਮਚਾਰੀ ਨਾਲ ਸਾਂਝਾ ਕਰਨਾ ਹੋਵੇਗਾ।
ਪ੍ਰਿੰਸੀਪਲ ਸੈਂਸਸ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵੱਲੋਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਜਨਗਣਨਾ 2027 ਦੀ ਪ੍ਰਕਿਰਿਆ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਅਤੇ ਸਹੀ ਤੇ ਮੁਕੰਮਲ ਜਾਣਕਾਰੀ ਮੁਹੱਈਆ ਕਰਵਾ ਕੇ ਇਸ ਮਹੱਤਵਪੂਰਨ ਰਾਸ਼ਟਰੀ ਕਾਰਜ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।