ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਅਤੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ, ਪੰਜਾਬ ਵੱਲੋਂ ਸਾਂਝੇ ਉਪਰਾਲੇ ਤਹਿਤ 23 ਨਵੰਬਰ 2026 ਨੂੰ ਸੀ.ਆਰ.ਸੀ. ਬਿਲਡਿੰਗ, ਨੇੜੇ ਪੁੱਡਾ ਕਲੋਨੀ, ਮਲੋਟ ਵਿਖੇ ਰੋਜ਼ਗਾਰ ਅਤੇ ਅਪ੍ਰੈਂਟਿਸਸ਼ਿਪ ਮੇਲਾ ਲਗਾਇਆ ਜਾ ਰਿਹਾ ਹੈ। ਇਸ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਮਾਣਯੋਗ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸ਼ਿਰਕਤ ਕਰਨਗੇ।
ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਹਰਭਜਨ ਸਿੰਘ ਨੇ ਦੱਸਿਆ ਕਿ ਇਸ ਰੋਜ਼ਗਾਰ ਅਤੇ ਅਪ੍ਰੈਂਟਿਸਸ਼ਿਪ ਮੇਲੇ ਵਿੱਚ 20 ਤੋਂ ਵੱਧ ਨਾਮਵਰ ਕੰਪਨੀਆਂ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ ਅਤੇ 1500 ਤੋਂ ਵੱਧ ਅਸਾਮੀਆਂ ਲਈ ਪ੍ਰਾਰਥੀਆਂ ਦੀ ਇੰਟਰਵਿਊ ਲਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਮੇਲੇ ਵਿੱਚ ਦਸਵੀਂ, ਬਾਰ੍ਹਵੀਂ, ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਵਿੱਦਿਅਕ ਯੋਗਤਾ ਰੱਖਣ ਵਾਲੇ ਰੋਜ਼ਗਾਰ ਦੇ ਚਾਹਵਾਨ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੀ ਯੋਗਤਾ ਅਨੁਸਾਰ ਰੋਜ਼ਗਾਰ ਦੇ ਮੌਕੇ ਪ੍ਰਾਪਤ ਕਰਨ। ਵਧੇਰੇ ਜਾਣਕਾਰੀ ਲਈ ਚਾਹਵਾਨ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਦੇ ਹੈਲਪਲਾਈਨ ਨੰਬਰ 98885-62317 ‘ਤੇ ਸੰਪਰਕ ਕਰ ਸਕਦੇ ਹਨ।