ਜ਼ਿਲ੍ਹੇ ਅੰਦਰ ਹੁਣ ਤੱਕ 13 ਆੜ੍ਹਤੀਆਂ ਦੇ ਲਾਇਸੰਸ ਕੀਤੇ ਜਾ ਚੁੱਕੇ ਹਨ ਰੱਦ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 9,51,222.9 ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਹੋਈ ਆਮਦ
ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਝੋਨੇ ਦੀ ਖਰੀਦ ਦੌਰਾਨ ਕਿਸੇ ਵੀ ਕਿਸਮ ਦੀ ਬੇਨਿਯਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕਿਸੇ ਵੀ ਆੜ੍ਹਤੀ ਜਾਂ ਸਬੰਧਤ ਧਿਰ ਵੱਲੋਂ ਖਰੀਦ ਪ੍ਰਕਿਰਿਆ ਵਿੱਚ ਬੇਨਿਯਮੀਆਂ ਕੀਤੀਆਂ ਜਾਂਦੀਆਂ ਹਨ ਤਾਂ ਉਸ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਝੋਨੇ ਦੀ ਖਰੀਦ ਪ੍ਰਕਿਰਿਆ ਦੌਰਾਨ ਬੇਨਿਯਮੀਆਂ ਪਾਏ ਜਾਣ ’ਤੇ ਹੁਣ ਤੱਕ 13 ਆੜ੍ਹਤੀਆਂ ਦੇ ਲਾਇਸੰਸ ਰੱਦ ਕੀਤੇ ਜਾ ਚੁੱਕੇ ਹਨ। ਇਨ੍ਹਾਂ ਵਿੱਚ ਸ੍ਰੀ ਮੁਕਤਸਰ ਸਾਹਿਬ ਦੇ 2, ਮਲੋਟ ਦੇ 2, ਗਿੱਦੜਬਾਹਾ ਦੇ 1 ਅਤੇ ਕਿਲਿਆਂਵਾਲੀ ਦੇ 8 ਆੜ੍ਹਤੀ ਸ਼ਾਮਲ ਹਨ।
ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ’ਤੇ ਲਗਾਤਾਰ ਨਜ਼ਰ ਰੱਖਣ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਉਣ ਦੇਣ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਖਰੀਦ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਹਿਮਾਂਸ਼ੂ ਕੁੱਕੜ ਨੇ ਦੱਸਿਆ ਕਿ 22 ਨਵੰਬਰ 2026 ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 9,51,222.9 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਦਕਿ 9,48,435.14 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਹੁਣ ਤੱਕ 8,01,932.97 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਵੀ ਹੋ ਚੁੱਕੀ ਹੈ।