ਚੰਡੀਗੜ੍ਹ : ਹਿਮਾਚਲ ਪ੍ਰਦੇਸ਼ ਵਿੱਚ ਹੋ ਰਹੀ ਲਗਾਤਾਰ ਭਾਰੀ ਬਾਰਿਸ਼ ਨੇ ਪੰਜਾਬ ਦੇ ਲੋਕਾਂ ਲਈ ਵੱਡੀ ਚੁਣੌਤੀ ਖੜੀ ਕਰ ਦਿੱਤੀ ਹੈ। ਪਹਾੜੀ ਇਲਾਕਿਆਂ ਵਿੱਚ ਤਿੱਖੀ ਬਰਖਾ ਕਾਰਨ ਪੰਜਾਬ ਦੇ ਵੱਖ-ਵੱਖ ਡੈਮਾਂ ਵਿੱਚ ਪਾਣੀ ਦੀ ਮਾਤਰਾ ਤੇਜ਼ੀ ਨਾਲ ਵੱਧ ਰਹੀ ਹੈ। ਇਸ ਕਾਰਨ ਖ਼ਾਸ ਕਰਕੇ ਕਪੂਰਥਲਾ ਜ਼ਿਲ੍ਹੇ ਦੇ ਮੰਡ ਇਲਾਕੇ ਦੀ ਸਥਿਤੀ ਹੋਰ ਵੀ ਗੰਭੀਰ ਹੋ ਗਈ ਹੈ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪਿੰਡ ਹਰੀਕੇ, ਕੁਟੀਵਾਲਾ, ਸਭਰਾ ਅਤੇ ਹੋਰ ਨੇੜਲੇ ਪਿੰਡਾਂ ਦਾ ਨਿਰੀਖਣ ਕੀਤਾ, ਜਿੱਥੇ ਉਨ੍ਹਾਂ ਵੱਲੋਂ ਪ੍ਰਸ਼ਾਸਨ ਦੁਆਰਾ ਕੀਤੇ ਹੜ੍ਹ-ਬਚਾਅ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ।
ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਰੁਕ-ਰੁਕ ਕੇ ਮੀਂਹ ਪੈਣ ਦੀ ਅਗਾਹੀ ਜਾਰੀ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਿਕ ਮੁਕੇਰੀਆਂ ’ਚ ਬਿਆਸ ਦਰਿਆ ਦੇ ਤੇਜ਼ ਵਹਾਅ ਕਾਰਨ ਧਨੋਆ ਪੱਤਣ ਪੁਲ ’ਚ ਦਰਾਰ ਆ ਚੁੱਕੀ ਹੈ, ਜਿਸ ਕਰਕੇ ਪੁਲੀਸ ਨੇ ਪੁਲ ’ਤੇ ਆਵਾਜਾਈ ਪੂਰੀ ਤਰ੍ਹਾਂ ਰੋਕ ਦਿੱਤੀ ਹੈ। ਬਿਆਸ ਦਰਿਆ ਮੰਡ ਖੇਤਰ ਵਿਚ ਖਾਸ ਤਬਾਹੀ ਦਾ ਕਾਰਨ ਬਣ ਰਿਹਾ ਹੈ, ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਕੁਝ ਪਿੰਡਾਂ ਵੀ ਇਸ ਦੀ ਚਪੇਟ ਵਿੱਚ ਆ ਗਏ ਹਨ। ਦਰਿਆ ਦੇ ਨਜ਼ਦੀਕੀ ਇਲਾਕਿਆਂ ਦੀ ਸਥਿਤੀ ਹਾਲੇ ਵੀ ਸੰਕਟਮਈ ਹੈ।